ਮਹਾਨਕੋਸ਼ ਦੀ ਬੇਅਦਬੀ ਦੇ ਮਾਮਲੇ ਵਿੱਚ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵਿਰੁਧ ਪਰਚਾ ਦਰਜ

Sea7 Australia Team
4 Min Read

ਜਥੇਦਾਰ ਗੜਗੱਜ ਨੇ ਮਹਾਨਕੋਸ਼ ਦੀ ‘ਬੇਅਦਬੀ’ ਨੂੰ ਅਤਿ ਨਿੰਦਣਯੋਗ ਤੇ ਸਿੱਖ ਵਿਰੋਧੀ ਮਾਨਸਿਕਤਾ ਕਰਾਰ ਦਿੱਤਾ

ਅੰਮ੍ਰਿਤਸਰ : ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਮਹਾਨ ਸਿੱਖ ਵਿਦਵਾਨ ਭਾਈ ਕਾਨ੍ਹ ਸਿੰਘ ਨਾਭਾ ਵੱਲੋਂ ਰਚਿਤ ਗੁਰਸ਼ਬਦ ਰਤਨਾਕਰ ਮਹਾਨਕੋਸ਼ ਦੀ ਕੀਤੀ ਗਈ ‘ਬੇਅਦਬੀ’ ਦੇ ਮਾਮਲੇ ਵਿੱਚ ਸਿੱਖ ਵਿਦਿਆਰਥੀਆਂ ਅਤੇ ਜਥੇਬੰਦੀਆਂ ਦੇ ਵਿਰੋਧ ਤੋਂ ਬਾਅਦ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ, ਰਜਿਸਟਰਾਰ, ਡੀਨ ਅਕਾਦਮਿਕ ਮਾਮਲੇ ਤੇ ਪਬਲੀਕੇਸ਼ਨ ਬਿਊਰੋ ਦੇ ਮੁਖੀ ਵਿਰੁੱਧ ਪਰਚਾ ਦਰਜ ਕਰ ਲਿਆ ਗਿਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿ ਕਿਹਾ ਕਿ ਹੁਣ ਪੰਜਾਬ ਪੁਲਿਸ ਇਸ ਦੀ ਗੰਭੀਰਤਾ ਨਾਲ ਜਾਂਚ ਕਰ ਕੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਣੀ ਯਕੀਨੀ ਬਣਾਵੇ।

ਮਾਮਲੇ ਦਾ ਸਖ਼ਤ ਨੋਟਿਸ ਲੈਂਦਿਆਂ ਜਥੇਦਾਰ ਗੜਗੱਜ ਨੇ ਇਸ ਕਾਰਵਾਈ ਨੂੰ ਅਤਿ ਨਿੰਦਣਯੋਗ ਅਤੇ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਈ ਕਾਨ੍ਹ ਸਿੰਘ ਨਾਭਾ ਵੱਲੋਂ ਰਚਿਤ ਗੁਰਸ਼ਬਦ ਰਤਨਾਕਰ ਮਹਾਨਕੋਸ਼ ਸਿੱਖਾਂ ਦੀ ਅਤਿ ਅਹਿਮ ਵਿਰਾਸਤ ਹੈ, ਜਿਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਬਾਣੀ ਦੇ ਹਵਾਲੇ ਵੀ ਦਿੱਤੇ ਗਏ ਹਨ ਅਤੇ ਇਸ ਤੋਂ ਪੁਰਾਤਨ ਇਤਿਹਾਸ ਤੇ ਸਰੋਤਾਂ ਬਾਰੇ ਅਹਿਮ ਜਾਣਕਾਰੀ ਮਿਲਦੀ ਹੈ। ਉਨ੍ਹਾਂ ਕਿਹਾ ਕਿ ਇਹ ਸਿੱਖ ਸਾਹਿਤ ਦਾ ਇੱਕ ਅਨਮੋਲ ਖਜਾਨਾ ਹੈ ਜੋ ਕਿ ਸਿੱਖ ਇਤਿਹਾਸ ਦੀ ਖੋਜ ਵਿੱਚ ਦਿਲਚਲਪੀ ਰੱਖਣ ਵਾਲੇ ਖੋਜਾਰਥੀਆਂ ਨੂੰ ਅੱਜ ਵੀ ਸੇਧ ਦਿੰਦਾ ਹੈ।

ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਵੱਲੋਂ ਬੀਤੇ ਸਮੇਂ ਤਰੁੱਟੀਆਂ ਸਮੇਤ ਮਹਾਨਕੋਸ਼ ਪ੍ਰਕਾਸ਼ਿਤ ਕੀਤੇ ਗਏ ਸਨ ਜਿਸ ਦਾ ਸਿੱਖ ਵਿਦਵਾਨਾਂ ਅਤੇ ਸਿੱਖ ਸੰਸਥਾਵਾਂ ਨੇ ਸਖ਼ਤ ਵਿਰੋਧ ਕੀਤਾ ਸੀ ਅਤੇ ਇਹ ਮਾਮਲਾ ਪੰਜਾਬ ਹਰਿਆਣਾ ਉੱਚ ਅਦਾਲਤ ਵਿੱਚ ਪਹੁੰਚਣ ਤੋਂ ਬਾਅਦ ਇਸ ਉੱਤੇ ਰੋਕ ਲੱਗੀ ਸੀ। ਉਨ੍ਹਾਂ ਕਿਹਾ ਕਿ ਜੇਕਰ ਯੂਨੀਵਰਸਿਟੀ ਪ੍ਰਸ਼ਾਸਨ ਨੇ ਤਰੁੱਟੀਆਂ ਨਾਲ ਪ੍ਰਕਾਸ਼ਿਤ ਕੀਤੇ ਸਿੱਖ ਸਾਹਿਤ ਦੀ ਸਸਕਾਰ ਸੇਵਾ ਕਰਨੀ ਸੀ ਤਾਂ ਇਸ ਲਈ ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਰਾਬਤਾ ਕਰ ਕੇ ਲੋੜੀਂਦੇ ਪ੍ਰਬੰਧ ਕਰਨੇ ਚਾਹੀਦੇ ਸਨ ਨਾ ਕਿ ਸਿੱਖ ਰਵਾਇਤ ਤੇ ਮਰਯਾਦਾ ਦੇ ਉਲਟ ਕਾਰਵਾਈ ਕਰਨੀ ਚਾਹੀਦੀ ਸੀ। ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਨੇ ਪਹਿਲਾਂ ਆਪਹੁਦਰੀ ਕਾਰਵਾਈ ਕਰਦਿਆਂ ਸਿੱਖ ਸਾਹਿਤ ਗੁਰਸ਼ਬਦ ਰਤਨਾਕਰ ਮਹਾਨਕੋਸ਼ ਨੂੰ ਸਿੱਖ ਵਿਦਵਾਨਾਂ ਦੇ ਵਿਰੋਧ ਦੇ ਬਾਵਜੂਦ ਇਸ ਨੂੰ ਤਰੁੱਟੀਆਂ ਸਮੇਤ ਪ੍ਰਕਾਸ਼ਿਤ ਕੀਤਾ ਅਤੇ ਹੁਣ ਆਪਣੀ ਕੀਤੀਆਂ ਗਲਤੀਆਂ ਉੱਤੇ ਪਰਦਾ ਪਾਉਣ ਲਈ ਬਹੁਤ ਹੀ ਇਤਰਾਜ਼ਯੋਗ ਤਰੀਕਾ ਵਰਤਿਆ ਹੈ, ਜਿਸ ਨੂੰ ਸਿੱਖ ਕੌਮ ਕਦੇ ਵੀ ਬਰਦਾਸ਼ਤ ਨਹੀਂ ਕਰ ਸਕਦੀ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਯੂਨੀਵਰਸਿਟੀ ਅਧਿਕਾਰੀਆਂ ਦੀ ਬੌਧਿਕ ਸਮਝ ਅਤੇ ਉਨ੍ਹਾਂ ਦੀ ਸਿੱਖ ਵਿਰਾਸਤ ਤੇ ਸਾਹਿਤ ਪ੍ਰਤੀ ਘੱਟ ਸੂਝ ਨੂੰ ਦਰਸਾਉਂਸੀ ਹੈ।

ਉਨ੍ਹਾਂ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਪਟਿਆਲਾ ਦੇ ਮੁੱਖ ਗ੍ਰੰਥੀ ਨੂੰ ਆਦੇਸ਼ ਕੀਤਾ ਕਿ ਪੰਜਾਬੀ ਯੂਨੀਵਰਸਿਟੀ ਕੈਂਪਸ ਵਿੱਚ ਜਿੱਥੇ ਇਹ ਗਲਤ ਕਾਰਵਾਈ ਕੀਤੀ ਗਈ ਹੈ, ਉੱਥੇ ਮੌਜੂਦ ਮਹਾਨਕੋਸ਼ ਦੀਆਂ ਸਾਰੀਆਂ ਕਾਪੀਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਹਿਯੋਗ ਲੈ ਕੇ ਢੁਕਵੀਂ ਥਾਂ ਉੱਤੇ ਸਸਕਾਰ ਸੇਵਾ ਆਪਣੀ ਨਿਗਰਾਨੀ ਵਿੱਚ ਯਕੀਨੀ ਬਣਾਉਣ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬੀ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਵੀ ਯੂਨੀਵਰਸਿਟੀ ਕੈਂਪਸ ਵਿੱਚ ਮੌਜੂਦ ਗੁਰਦੁਆਰਾ ਸਾਹਿਬ ਦੇ ਅੰਦਰ ਇਸ ਘਟਨਾ ਦੇ ਪਸ਼ਤਾਚਾਪ ਵਜੋਂ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਕਰਕੇ ਗੁਰੂ ਸਾਹਿਬ ਜੀ ਤੋਂ ਖਿਮਾ ਜਾਚਨਾ ਅਤੇ ਅਰਦਾਸ ਬੇਨਤੀ ਕਰਨ ਦੀ ਤਾਕੀਦ ਕੀਤੀ। ਜਥੇਦਾਰ ਗੜਗੱਜ ਨੇ ਸਮੂਹ ਸਿੱਖ ਜਥੇਬੰਦੀਆਂ ਤੇ ਵਿਦਿਆਰਥੀਆਂ ਨੂੰ ਸ਼ਾਂਤਮਈ ਰਹਿਣ ਦੀ ਅਪੀਲ ਕੀਤੀ।

Share This Article