ਮੈਲਬਰਨ : ਪਾਕਿਸਤਾਨ ਦੇ ਸੂਬੇ ਪੰਜਾਬ ਦੀ ਸਰਕਾਰ ਨੇ ਸਿੱਖ ਮੈਰਿਜ ਐਕਟ 2024 ਨੂੰ ਪ੍ਰਵਾਨਗੀ ਦੇ ਕੇ ਇਤਿਹਾਸ ਰਚ ਦਿੱਤਾ ਹੈ। ਇਹ ਨਵਾਂ ਕਾਨੂੰਨ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਿੱਖ ਜੋੜਿਆਂ ਨੂੰ ਆਪਣੇ ਵਿਆਹਾਂ ਅਤੇ ਤਲਾਕ ਨੂੰ ਰਸਮੀ ਤੌਰ ‘ਤੇ ਰਜਿਸਟਰ ਕਰਨ ਦੀ ਇਜਾਜ਼ਤ ਦਿੰਦਾ ਹੈ। ਮੁੱਖ ਮੰਤਰੀ ਮਰੀਅਮ ਨਵਾਜ਼ ਦੀ ਪ੍ਰਧਾਨਗੀ ਹੇਠ ਹੋਈ ਸੂਬਾਈ ਕੈਬਨਿਟ ਦੀ ਮੀਟਿੰਗ ਦੌਰਾਨ ਇਸ ਬਿੱਲ ਨੂੰ ਮਨਜ਼ੂਰੀ ਦਿੱਤੀ ਗਈ। ਇਸ ਬਿੱਲ ਅਨੁਸਾਰ ਵਿਆਹ ਲਈ ਸਿੱਖ ਜੋੜਿਆਂ ਦੀ ਉਮਰ ਘੱਟੋ ਘੱਟ 18 ਸਾਲ ਹੋਣੀ ਚਾਹੀਦੀ ਹੈ। ਪੰਜਾਬ ਦੇ ਘੱਟਗਿਣਤੀਆਂ ਬਾਰੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਇਸ ਨੂੰ ਪਾਕਿਸਤਾਨ ਦੇ ਸਿੱਖਾਂ ਲਈ ਇਤਿਹਾਸਕ ਦਿਨ ਦੱਸਿਆ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੇ ਹੋਰ ਸੂਬਿਆਂ ਅਤੇ ਦੇਸ਼ਾਂ ਤੋਂ ਆ ਕੇ ਪੰਜਾਬ ’ਚ ਆਪਣੇ ਵਿਆਹ ਰਜਿਸਟਰ ਕਰਵਾ ਸਕਣਗੇ। ਉਨ੍ਹਾਂ ਕਿਹਾ ਕਿ ਇਸ ਕਦਮ ਦਾ ਉਦੇਸ਼ ਲਹਿੰਦੇ ਪੰਜਾਬ ’ਚ ਗੈਰ-ਰਜਿਸਟਰਡ ਵਿਆਹਾਂ ਤੋਂ ਪੈਦਾ ਹੋਣ ਵਾਲੇ ਕਾਨੂੰਨੀ ਮੁੱਦਿਆਂ ਨੂੰ ਹੱਲ ਕਰਨਾ ਅਤੇ ਖੇਤਰ ਵਿੱਚ ਅੰਤਰ-ਧਰਮ ਸਦਭਾਵਨਾ ਨੂੰ ਉਤਸ਼ਾਹਤ ਕਰਨਾ ਹੈ।