ਜਸਟਿਨ ਟਰੂਡੋ ਨੇ ਭਾਰਤ ’ਤੇ ਕੈਨੇਡਾ ’ਚ ਅਪਰਾਧਿਕ ਗਤੀਵਿਧੀਆਂ ਦਾ ਸਮਰਥਨ ਕਰਨ ਦਾ ਦੋਸ਼ ਲਾਇਆ, ਜਾਣੋ ਕਿਉਂ ਆਇਆ ਲਾਰੈਂਸ ਬਿਸ਼ਨੋਈ ਦਾ ਨਾਂ ਸਾਹਮਣੇ

ਮੈਲਬਰਨ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡੀਅਨ ਨਾਗਰਿਕ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦਾ ਹਵਾਲਾ ਦਿੰਦੇ ਹੋਏ ਭਾਰਤ ਸਰਕਾਰ ‘ਤੇ ਕੈਨੇਡਾ ਵਿੱਚ ਅਪਰਾਧਿਕ ਗਤੀਵਿਧੀਆਂ ਦਾ ਸਮਰਥਨ ਕਰਨ ਦਾ ਦੋਸ਼ ਲਾਇਆ ਹੈ। ਟਰੂਡੋ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਘਟਨਾ ਵਿੱਚ ਭਾਰਤ ਦੀ ਕਥਿਤ ਸ਼ਮੂਲੀਅਤ ‘ਬਿਲਕੁਲ ਅਸਵੀਕਾਰਯੋਗ’ ਹੈ ਅਤੇ ਇਹ ਉਨ੍ਹਾਂ ਦੀ ‘ਬੁਨਿਆਦੀ ਗਲਤੀ’ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕੈਨੇਡਾ ਨੇ ਪਾਰਦਰਸ਼ੀ ਪਹੁੰਚ ਅਪਣਾਈ ਹੈ ਅਤੇ ਭਾਰਤੀ ਅਧਿਕਾਰੀਆਂ ਨਾਲ ਸਹਿਯੋਗ ਦੀ ਮੰਗ ਕੀਤੀ ਹੈ ਪਰ ਉਨ੍ਹਾਂ ਦੀਆਂ ਕੋਸ਼ਿਸ਼ਾਂ ਨੂੰ ਠੁਕਰਾ ਦਿੱਤਾ ਗਿਆ।

ਇਸ ਤੋਂ ਪਹਿਲਾਂ ਸਿੱਖ ਕਾਰਕੁਨ ਹਰਦੀਪ ਸਿੰਘ ਨਿੱਝਰ ਦੇ ਕਤਲ ਨੂੰ ਲੈ ਕੇ ਭਾਰਤ ਅਤੇ ਕੈਨੇਡਾ ਵਿਚਾਲੇ ਵਧ ਰਹੇ ਕੂਟਨੀਤਕ ਤਣਾਅ ਦੇ ਵਿਚਕਾਰ ਰਾਇਲ ਕੈਨੇਡੀਅਨ ਮਾਊਂਟੇਡ ਪੁਲਿਸ (RCMP) ਨੇ ਦਾਅਵਾ ਕੀਤਾ ਹੈ ਕਿ ਨਿੱਝਰ ਦੇ ਕਤਲ ਦੀ ਜਾਂਚ ਵਿਚ ਭਾਰਤ ਸਰਕਾਰ ਦੇ ਏਜੰਟਾਂ ਅਤੇ ਕੈਨੇਡਾ ਵਿਚ ‘ਕਤਲਾਂ ਅਤੇ ਹਿੰਸਕ ਕਾਰਵਾਈਆਂ’ ਵਿਚਾਲੇ ਸਬੰਧਾਂ ਦਾ ਖੁਲਾਸਾ ਹੋਇਆ ਹੈ। ਇਸ ਵਿਚ ਇਹ ਵੀ ਦੋਸ਼ ਲਾਇਆ ਗਿਆ ਹੈ ਕਿ ਇਹ ਏਜੰਟ ਕੈਨੇਡਾ ਦੇ ਦੱਖਣੀ ਏਸ਼ੀਆਈ ਪ੍ਰਵਾਸੀਆਂ ਵਿਚ ਕਾਰੋਬਾਰਾਂ ਅਤੇ ਵਿਅਕਤੀਆਂ ਨੂੰ ਧਮਕਾ ਰਹੇ ਸਨ ਅਤੇ ਧਮਕੀਆਂ ਦੇ ਰਹੇ ਸਨ।

ਸਹਾਇਕ ਕਮਿਸ਼ਨਰ ਨੇ ਜ਼ੋਰ ਦੇ ਕੇ ਕਿਹਾ ਕਿ ਸੰਗਠਿਤ ਅਪਰਾਧ ਸਮੂਹ, ਖਾਸ ਕਰਕੇ ਲਾਰੈਂਸ ਬਿਸ਼ਨੋਈ ਗੈਂਗ, ਇਸ ਅਖੌਤੀ ਸਾਜ਼ਿਸ਼ ਦੇ ਕੇਂਦਰ ਵਿੱਚ ਹਨ, ਜੋ ਕਥਿਤ ਤੌਰ ‘ਤੇ ਭਾਰਤ ਸਰਕਾਰ ਨਾਲ ਜੁੜੇ ਏਜੰਟਾਂ ਨਾਲ ਕੰਮ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ‘ਵਾਸ਼ਿੰਗਟਨ ਪੋਸਟ’ ਦੀ ਇੱਕ ਰਿਪੋਰਟ ਅਨੁਸਾਰ ਲਾਰੈਂਸ ਬਿਸ਼ਨੋਈ ’ਤੇ ਭਾਰਤੀ ਅਧਿਕਾਰੀਆਂ ਦੇ ਕਹਿਣ ’ਤੇ ਕੈਨੇਡਾ ’ਚ ਸਥਿਤ ਸਖਦੂਲ ਸਿੰਘ ਗਿੱਲ ਉਰਫ਼ ਸੁੱਖਾ ਦੁਨੇਕੇ ਦੇ ਕਤਲ ਦਾ ਇਲਜ਼ਾਮ ਹੈ। ਸੁੱਖਾ ਦੁਨੇਕੇ ਨੂੰ ਬੰਬੀਹਾ ਗਰੁੱਪ ਦਾ ਮੈਂਬਰ ਦਸਿਆ ਜਾਂਦਾ ਹੈ ਅਤੇ ਉਸ ’ਤੇ ਪੰਜਾਬ ’ਚ ਕਤਲ ਅਤੇ ਫ਼ਿਰੌਤੀ ਵਸੂਲਣ ਦਾ ਇਲਜ਼ਾਮ ਲਗਾਇਆ ਗਿਆ ਸੀ। ਉਹ NIA ਦੀ ‘ਵਾਟੇਂਡ’ ਸੂਚੀ ’ਚ ਸ਼ਾਮਲ ਸੀ।

ਸਹਾਇਕ ਕਮਿਸ਼ਨਰ ਨੇ ਕਿਹਾ, ‘‘ਅਸੀਂ ਜੋ ਵੇਖਿਆ ਹੈ, ਉਹ ਇਹ ਹੈ ਕਿ RCMP ਦੇ ਨਜ਼ਰੀਏ ਤੋਂ, ਉਹ ਸੰਗਠਿਤ ਅਪਰਾਧ ਤੱਤਾਂ ਦੀ ਵਰਤੋਂ ਕਰਦੇ ਹਨ। ਸਾਡਾ ਮੰਨਣਾ ਹੈ ਕਿ ਇਹ ਸਮੂਹ ਭਾਰਤ ਸਰਕਾਰ ਦੇ ਏਜੰਟਾਂ ਨਾਲ ਜੁੜਿਆ ਹੋਇਆ ਹੈ।’’ ਹਾਲਾਂਕਿ ਉਨ੍ਹਾਂ ਇਸ ਬਾਰੇ ਸਬੂਤ ਪੇਸ਼ ਨਹੀਂ ਕੀਤੇ ਪਰ ਕਿਹਾ ਕਿ ਪੁਲਿਸ ਅਗਲੇ ਮਹੀਨੇ ਇਨ੍ਹਾਂ ਦੋਸ਼ਾਂ ਨੂੰ ਲੈ ਕੇ ਅਦਾਲਤ ’ਚ ਜਾਵੇਗੀ