PM Albanese ਨੇ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ’ਤੇ ਪਾਬੰਦੀ ਦਾ ਐਲਾਨ ਕੀਤਾ

ਮੈਲਬਰਨ : ਆਸਟ੍ਰੇਲੀਆ ਸਰਕਾਰ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਦੀ ਵਰਤੋਂ ’ਤੇ ਪਾਬੰਦੀ ਲਗਾਉਣ ਲਈ ਇਕ ਬੁਨਿਆਦੀ ਕਾਨੂੰਨ ਦਾ ਪ੍ਰਸਤਾਵ ਰੱਖ ਰਹੀ ਹੈ। ਇਸ ਕਾਨੂੰਨ ਦਾ ਉਦੇਸ਼ ਨੌਜਵਾਨਾਂ ਨੂੰ ਸੋਸ਼ਲ ਮੀਡੀਆ ਤੋਂ ਹੋਣ ਵਾਲੇ ਸੰਭਾਵਿਤ ਨੁਕਸਾਨ ਤੋਂ ਬਚਾਉਣਾ ਹੈ। ਪ੍ਰਧਾਨ ਮੰਤਰੀ Anthony Albanese ਨੇ ਅੱਜ ਜ਼ੋਰ ਦੇ ਕੇ ਕਿਹਾ, ‘‘ਸੋਸ਼ਲ ਮੀਡੀਆ ਬੱਚਿਆਂ ਦੀ ਮਾਨਸਿਕ ਸਿਹਤ, ਤੰਦਰੁਸਤੀ ਅਤੇ ਵਿਕਾਸ ਲਈ ਨੁਕਸਾਨਦੇਹ ਹੈ, ਅਤੇ ਮੈਂ ਚਾਹੁੰਦਾ ਹਾਂ ਕਿ ਮਾਪੇ ਬੱਚਿਆਂ ਨੂੰ ਕਹਿ ਸਕਣ ਕਿ ਤੇਰਾ ਸੋਸ਼ਲ ਮੀਡੀਆ ਦੀ ਵਰਤੋਂ ਕਰਨਾ ਕਾਨੂੰਨ ਵਿਰੁਧ ਹੈ।’’ ਕਾਨੂੰਨ ਦੇ ਸੰਸਦ ’ਚ ਪਾਸ ਹੋਣ ਮਗਰੋਂ 1 ਸਾਲ ਬਾਅਦ ਲਾਗੂ ਹੋਣ ਦੀ ਉਮੀਦ ਹੈ।

ਪ੍ਰਸਤਾਵਿਤ ਕਾਨੂੰਨ ਵਿਚ ਫੇਸਬੁੱਕ ਅਤੇ ਇੰਸਟਾਗ੍ਰਾਮ ਵਰਗੇ ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਉਮਰ ਸੀਮਾ ਲਾਗੂ ਕਰਨ ਦੀ ਜ਼ਰੂਰਤ ਹੋਵੇਗੀ, ਫੈਡਰਲ ਸਰਕਾਰ ਨੂੰ ਉਮੀਦ ਹੈ ਕਿ ਇਹ ਕੰਪਨੀਆਂ ਪਹੁੰਚ ਨੂੰ ਰੋਕਣ ਲਈ ‘ਵਾਜਬ ਕਦਮ’ ਦਿਖਾਏਗੀ। ਜ਼ਿਕਰਯੋਗ ਹੈ ਕਿ ਪ੍ਰਯੋਗਕਰਤਾਵਾਂ ਲਈ ਕੋਈ ਜੁਰਮਾਨਾ ਨਹੀਂ ਹੋਵੇਗਾ, ਪਰ ਪਾਲਣਾ ਕਰਨ ਵਿੱਚ ਅਸਫਲ ਰਹਿਣ ਵਾਲੀਆਂ ਸੋਸ਼ਲ ਮੀਡੀਆ ਕੰਪਨੀਆਂ ਨੂੰ ਜੁਰਮਾਨੇ ਦਾ ਸਾਹਮਣਾ ਕਰਨਾ ਪਵੇਗਾ। ਈ-ਸੇਫਟੀ ਕਮਿਸ਼ਨਰ ਇਸ ਨਿਯਮ ਨੂੰ ਲਾਗੂ ਕਰਨ ਦੀ ਨਿਗਰਾਨੀ ਕਰੇਗਾ।