ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਨਖ਼ਾਹੀਆ ਕਰਾਰ ਦੇਣ ਮਗਰੋਂ ਸ੍ਰੀ ਅਕਾਲ ਤਖ਼ਤ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਚਕਾਰ ਸ਼ੁਰੂ ਹੋਇਆ ਟਕਰਾਅ ਹੋਰ ਵਧਦਾ ਜਾ ਰਿਹਾ ਹੈ। ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਾਲੀ ਇਕੱਤਰਤਾ ’ਚ ਲਏ ਗਏ ਨਿਰਣੈ ਨੂੰ ਮੁੱਢੋਂ ਹੀ ਰੱਦ ਕਰ ਦਿਤਾ ਹੈ। ਤਖ਼ਤ ਸ੍ਰੀ ਪਟਨਾ ਸਾਹਿਬ ਨੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਾਲੀ ਇਕੱਤਰਤਾ ’ਚ ਲਏ ਗਏ ਫ਼ੈਸਲੇ ਨੂੰ ਗ਼ੈਰ ਸੰਵਿਧਾਨਿਕ ਦੱਸਦੇ ਹੋਏ, ਇਸ ਹੁਕਮ ਨੂੰ ਸੁਖਬੀਰ ਬਾਦਲ ਨੂੰ ਬਚਾਉਣ ਲਈ ਸ਼ਾਜ਼ਿਸ਼ ਕਰਾਰ ਦਿਤਾ।
ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਿੰਘ ਸਾਹਿਬਾਨਾਂ ਦਾ ਕਹਿਣਾ ਹੈ ਕਿਉਂਕਿ ਸ੍ਰੀ ਅਕਾਲ ਤਖ਼ਤ ਜਥੇਦਾਰ ਕੁਲਦੀਪ ਸਿੰਘ ਗੜਗੱਜ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਟੇਕ ਸਿੰਘ ਪਹਿਲਾਂ ਹੀ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਤੋਂ ਤਨਖ਼ਾਹੀਆ ਘੋਸ਼ਿਤ ਕੀਤੇ ਜਾ ਚੁੱਕੇ ਹਨ, ਇਸ ਲਈ ਉਨ੍ਹਾਂ ਤੋਂ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਅਹੁਦੇਦਾਰ ਅਤੇ ਐਡੀਸ਼ਨਲ ਹੈੱਡ ਗ੍ਰੰਥੀ ਭਾਈ ਗੁਰਦਿਆਲ ਸਿੰਘ ਦੇ ਸਬੰਧ ਵਿਚ ਨਿਰਣੈ ਲੈਣ ਦਾ ਧਾਰਮਕ ਅਤੇ ਸੰਵਿਧਾਨਕ ਅਧਿਕਾਰ ਨਹੀਂ ਹੈ।
ਜ਼ਿਕਰਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਵੱਲੋਂ ਸਨਿਚਰਵਾਰ ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਵਧੀਕ ਹੈੱਡ ਗ੍ਰੰਥੀ ਭਾਈ ਗੁਰਦਿਆਲ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਿਰਦੇਸ਼ਾਂ ਦੀ ਉਲੰਘਣਾ ਕਰਨ, ਮੁੱਖ ਸ਼ਾਜ਼ਿਸਕਰਤਾ ਵਜੋਂ ਵਿਵਾਦ ਪੈਦਾ ਕਰਨ ਲਈ ਤਨਖ਼ਾਹੀਆ ਐਲਾਨਿਆ ਗਿਆ ਸੀ। ਇਸ ਤੋਂ ਇਲਾਵਾ ਪ੍ਰਬੰਧਕ ਕਮੇਟੀ ਦੇ ਮੈਂਬਰ ਹਰਪਾਲ ਸਿੰਘ (ਜੌਹਲ) ਅਤੇ ਡਾ. ਗੁਰਮੀਤ ਸਿੰਘ ਨੂੰ ਪੰਥਕ ਇਕਤਾ ਦੇ ਵਿਰੁਧ ਕੰਮ ਕਰਨ ਅਤੇ ਅਕਾਲ ਤਖ਼ਤ ਦੇ ਹੁਕਮਾਂ ਦੀ ਉਲੰਘਣਾ ਕਰਨ ਲਈ ਤਨਖ਼ਾਹੀਆ ਐਲਾਨਿਆ ਗਿਆ। ਇਸ ਤੋਂ ਪਹਿਲਾਂ ਤਖ਼ਤ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਨਖ਼ਾਹੀਆ ਕਰਾਰ ਦਿੱਤਾ ਸੀ। ਸੁਖਬੀਰ ’ਤੇ ਦੋਸ਼ ਲਾਇਆ ਗਿਆ ਸੀ ਕਿ ਉਨ੍ਹਾਂ ਨੂੰ ਸਪੱਸ਼ਟੀਕਰਨ ਦੇਣ ਲਈ ਤਿੰਨ ਵਾਰ ਤਖ਼ਤ ’ਤੇ ਪੇਸ਼ ਹੋਣ ਦਾ ਮੌਕਾ ਦਿੱਤਾ ਗਿਆ ਸੀ ਪਰ ਉਹ ਪੇਸ਼ ਨਹੀਂ ਹੋਏ।
ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਿੰਘ ਸਾਹਿਬਾਨਾਂ ਦਾ ਕਹਿਣਾ ਹੈ ਕਿਉਂਕਿ ਸ੍ਰੀ ਅਕਾਲ ਤਖ਼ਤ ਜਥੇਦਾਰ ਕੁਲਦੀਪ ਸਿੰਘ ਗੜਗੱਜ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਟੇਕ ਸਿੰਘ ਪਹਿਲਾਂ ਹੀ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਤੋਂ ਤਨਖ਼ਾਹੀਆ ਘੋਸ਼ਿਤ ਕੀਤੇ ਜਾ ਚੁੱਕੇ ਹਨ, ਇਸ ਲਈ ਉਨ੍ਹਾਂ ਤੋਂ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਅਹੁਦੇਦਾਰ ਅਤੇ ਐਡੀਸ਼ਨਲ ਹੈੱਡ ਗ੍ਰੰਥੀ ਭਾਈ ਗੁਰਦਿਆਲ ਸਿੰਘ ਦੇ ਸਬੰਧ ਵਿਚ ਨਿਰਣੈ ਲੈਣ ਦਾ ਧਾਰਮਕ ਅਤੇ ਸੰਵਿਧਾਨਕ ਅਧਿਕਾਰ ਨਹੀਂ ਹੈ। ਇਸ ਲਈ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਿੰਘ ਸਾਹਿਬਾਨ ਵਲੋਂ ਗੰਭੀਰ ਵਿਚਾਰ ਕਰਨ ਉਪਰੰਤ ਸਰਬਸੰਮਤੀ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਿਰਦੇਸ਼ਾਂ ਤਹਿਤ ਜਥੇਦਾਰ ਗੜਗੱਜ ਦੇ ਨਿਰਣੈ ਨੂੰ ਮੁੱਢੋਂ ਹੀ ਰੱਦ ਕਰਨ ਦਾ ਫ਼ੈਸਲਾ ਲਿਆ ਗਿਆ ਹੈ।
ਇਸ ਦੇ ਨਾਲ ਹੀ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਮੂਹ ਅਹੁਦੇਦਾਰ ਅਤੇ ਮੈਂਬਰਾਂ ਨੂੰ ਸਖ਼ਤ ਹਦਾਇਤ ਦਿਤੀ ਗਈ ਕਿ ਕੋਈ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਾ ਜਾਵੇ ਤੇ ਨਾ ਹੀ ਪੇਸ਼ ਹੋਵੇ ਜੇ ਕੋਈ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵਿਖੇ ਪੇਸ਼ ਹੋਵੇਗਾ ਤਾਂ ਉਹ ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਵਲੋਂ ਪੱਕਾ ਤਨਖ਼ਾਹੀਆ ਮੰਨਿਆ ਜਾਵੇਗਾ ਅਤੇ ਪੰਥਕ ਰਵਾਇਤ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।