ਮੈਲਬਰਨ : ਕੈਨੇਡਾ ਦੇ ਸਟੇਟ ਬ੍ਰਿਟਿਸ਼ ਕੋਲੰਬੀਆ ਦੇ ਪ੍ਰੀਮੀਅਰ David Eby ਦੇ ਭਾਰਤ ਦੌਰੇ ਨੂੰ ਲੈ ਕੇ ਭਾਰੀ ਵਿਵਾਦ ਛਿੜ ਗਿਆ ਹੈ। ਸਿੱਖ ਕਾਰਕੁਨਾਂ ਨੇ ਸਟੇਟ ਦੀ ਵਿਧਾਨ ਸਭਾ ਬਾਹਰ ਪ੍ਰੀਮੀਅਰ ਦੇ ਹਾਲੀਆ ਭਾਰਤ ਦੌਰੇ ਦੇ ਵਿਰੋਧ ਵਿੱਚ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਇਸ ਦੌਰੇ ਵਿੱਚ ਮਨੁੱਖੀ ਅਧਿਕਾਰਾਂ ਅਤੇ ਵਿਦੇਸ਼ਾਂ ਵਿੱਚ ਸਿੱਖ ਭਾਈਚਾਰੇ ਦੀ ਸੁਰੱਖਿਆ ਨੂੰ ਨਜ਼ਰਅੰਦਾਜ਼ ਕੀਤਾ ਗਿਆ।
ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਇਹ ਦੌਰਾ ਸਿੱਖ ਕਾਰਕੁਨ ਹਰਦੀਪ ਸਿੰਘ ਨਿੱਝਰ ਦੇ 2023 ’ਚ ਹੋਏ ਕਤਲ ਤੋਂ ਬਾਅਦ ਗ਼ਲਤ ਸੰਦੇਸ਼ ਦਿੰਦਾ ਹੈ, ਜਿਸ ਨੂੰ ਕਥਿਤ ਤੌਰ ’ਤੇ ਭਾਰਤੀ ਅਧਿਕਾਰੀਆਂ ਦੇ ਕਹਿਣ ’ਤੇ ਨਿਸ਼ਾਨਾ ਬਣਾਇਆ ਗਿਆ ਸੀ। ਨਿੱਝਰ ਦੇ ਕਤਲ ਦੇ ਇਲਜ਼ਾਮ ਹੇਠ ਚਾਰ ਭਾਰਤੀ ਮੂਲ ਦੇ ਵਿਅਕਤੀਆਂ ਉਤੇ ਦੋਸ਼ ਲੱਗੇ ਹਨ।
ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਕੈਨੇਡੀਅਨ ਨੇਤਾਵਾਂ ਨੂੰ ਭਾਰਤ ਨੂੰ ਘੱਟ ਗਿਣਤੀਆਂ ਅਤੇ ਰਾਜਨੀਤਿਕ ਵਿਰੋਧੀਆਂ ਨਾਲ ਉਸ ਦੇ ਵਤੀਰੇ ਲਈ ਜਵਾਬਦੇਹ ਬਣਾਉਣਾ ਚਾਹੀਦਾ ਹੈ। ਇਹ ਪ੍ਰਦਰਸ਼ਨ ਕੈਨੇਡਾ ਦੇ ਸਿੱਖ ਪਰਵਾਸੀ ਸਮੂਹਾਂ ਅਤੇ ਭਾਰਤੀ ਸਰਕਾਰ ਵਿਚਕਾਰ ਚੱਲ ਰਹੀਆਂ ਤਣਾਵਪੂਰਨ ਸਥਿਤੀਆਂ ਨੂੰ ਦਰਸਾਉਂਦਾ ਹੈ। ਵਿਧਾਨ ਸਭਾ ਦੇ ਬਾਹਰ ਰੈਲੀ ਕਰਕੇ ਕਾਰਕੁਨਾਂ ਨੇ ਲੋਕਾਂ ਦਾ ਧਿਆਨ ਖਿੱਚਣ ਅਤੇ ਸਰਕਾਰੀ ਪਾਰਦਰਸ਼ਤਾ ਦੀ ਮੰਗ ਕਰਨ ਦੀ ਕੋਸ਼ਿਸ਼ ਕੀਤੀ।





