NRIs ਦੀ ਸਹੂਲਤ ਲਈ ਪੰਜਾਬ ਸਰਕਾਰ ਨੇ ਕੀਤੇ ਕਈ ਨਵੇਂ ਐਲਾਨ, ਹਰ ਲੋੜੀਂਦੀ ਜਾਣਕਾਰੀ ਮਿਲੇਗੀ ਇੱਕ ਕਲਿੱਕ ’ਤੇ

ਮੈਲਬਰਨ: ਪਰਵਾਸੀ ਭਾਰਤੀ ਭਾਈਚਾਰੇ (NRI) ਨੂੰ ਦਰਪੇਸ਼ ਮਸਲਿਆਂ ਦੇ ਹੱਲ ਲਈ ਸਹੂਲਤ ਮੁਹੱਈਆ ਕਰਵਾਉਣ ਵਾਸਤੇ ਪੰਜਾਬ ਸਰਕਾਰ ਨੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਵਿਭਾਗ ਦੀ ਨਵੀਂ ਵੈੱਬਸਾਈਟ nri.punjab.gov.in ਦੀ ਸ਼ੁਰੂਆਤ ਕੀਤੀ ਹੈ। ਵੈੱਬਸਾਈਟ ਦੀ ਸ਼ੁਰੂਆਤ ਕਰਦੇ ਹੋਏ ਮੁੱਖ ਮੰਤਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਨੂੰ ਪਰਵਾਸੀ ਭਾਰਤੀਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਨੂੰ ਆਪਣੀਆਂ ਜੜ੍ਹਾਂ ਨਾਲ ਜੁੜੇ ਰਹਿਣ ਵਿੱਚ ਮਦਦ ਕਰਨ ਲਈ ਵੱਡੀ ਪਹਿਲਕਦਮੀ ਦੱਸਿਆ।

ਵੈੱਬਸਾਈਟ ’ਤੇ NRI ਪੁਲਿਸ ਵਿੰਗ, ਪੰਜਾਬ ਸਟੇਟ ਕਮਿਸ਼ਨ ਫਾਰ ਐਨ.ਆਰ.ਆਈਜ਼ ਅਤੇ ਐਨ.ਆਰ.ਆਈ ਸਭਾ ਨਾਲ ਸਬੰਧਤ ਵਿਸਥਾਰਤ ਜਾਣਕਾਰੀ ਹੈ। ਇਹ ਵੈੱਬਸਾਈਟ ਪਰਵਾਸੀ ਭਾਰਤੀਆਂ ਲਈ ਹੋਰ ਸਕੀਮਾਂ ਦਾ ਲਾਭ ਯਕੀਨੀ ਬਣਾਉਣ ਦੇ ਨਾਲ-ਨਾਲ ਉਨ੍ਹਾਂ ਦੇ ਦਸਤਾਵੇਜ਼ਾਂ ਦੀ ਤਸਦੀਕ ਕਰਵਾਉਣ ਵਿੱਚ ਵੀ ਮਦਦ ਕਰੇਗੀ।

ਇਹ ਵੈੱਬਸਾਈਟ ਹੈਲਪਲਾਈਨ ਨੰਬਰ, ਈ-ਮੇਲ ਪਤੇ ਅਤੇ ਵਟਸਐਪ ਸ਼ਿਕਾਇਤ ਨੰਬਰ ਵੀ ਪ੍ਰਦਾਨ ਕਰੇਗੀ। ਮੁੱਖ ਮੰਤਰੀ ਨੇ ਕਿਹਾ ਕਿ ਵੈੱਬਸਾਈਟ ’ਤੇ ਪੰਜਾਬ ਸਰਕਾਰ ਕੋਲ ਰਜਿਸਟਰਡ ਟਰੈਵਲ ਏਜੰਟਾਂ/ਏਜੰਸੀਆਂ ਅਤੇ ਵਿਦੇਸ਼ ਮੰਤਰਾਲੇ ਕੋਲ ਰਜਿਸਟਰਡ ਇਮੀਗ੍ਰੇਸ਼ਨ ਏਜੰਟਾਂ/ਏਜੰਸੀਆਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਹੈ। ਵੈੱਬਸਾਈਟ ਉਤੇ ਪੰਜਾਬ ਦੇ ਕੇਂਦਰੀਕ੍ਰਿਤ ਆਨਲਾਈਨ ਸ਼ਿਕਾਇਤ ਪੋਰਟਲ www.connect.punjab.gov.in ਦਾ ਵੀ ਲਿੰਕ ਹੈ ਜਿਸ ਵਿੱਚ ਪਰਵਾਸੀ ਭਾਰਤੀ ਅਤੇ ਹੋਰ ਲੋਕ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ।

ਫ਼ਰਵਰੀ ’ਚ ਹੋਣਗੀਆਂ ਪੰਜ NRI ਮਿਲਣੀਆਂ

ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਸੂਬਾ ਸਰਕਾਰ ਨਵੇਂ ਸਾਲ ਦੇ ਫਰਵਰੀ ਮਹੀਨੇ ਦੌਰਾਨ ਪੰਜ NRI ਮਿਲਣੀਆਂ ਕਰਵਾਏਗੀ। ਉਨ੍ਹਾਂ ਕਿਹਾ ਕਿ ਇਹ ਮਿਲਣੀਆਂ NRI ਭਰਾਵਾਂ ਨੂੰ ਦਰਪੇਸ਼ ਮੁਸ਼ਕਲਾਂ ਦਾ ਮੌਕੇ ’ਤੇ ਹੀ ਨਿਪਟਾਰਾ ਕਰਨ ਵਿੱਚ ਮਦਦ ਕਰਨਗੀਆਂ।

ਐਰਾਈਵਲ ਹਾਲ ’ਚ ਬਣੇਗਾ ‘ਪੰਜਾਬ ਸਹਾਇਤਾ ਕੇਂਦਰ’

ਸੂਬਾ ਸਰਕਾਰ ਅੰਤਰਰਾਸ਼ਟਰੀ ਟਰਮੀਨਲ ਦੇ ਪਹੁੰਚ ਹਾਲ (ਐਰਾਈਵਲ ਹਾਲ) ਵਿਖੇ ‘ਪੰਜਾਬ ਸਹਾਇਤਾ ਕੇਂਦਰ’ ਦੀ ਵੀ ਸਥਾਪਨਾ ਕਰੇਗੀ। ਇਹ ਕੇਂਦਰ 24X7 ਕੰਮ ਕਰੇਗਾ ਅਤੇ ਟਰਮੀਨਲ ਵਿਖੇ NRIs ਅਤੇ ਹੋਰ ਮੁਸਾਫ਼ਰਾਂ ਨੂੰ ਢੁਕਵੀਂ ਸਹਾਇਤਾ ਪ੍ਰਦਾਨ ਕਰੇਗਾ। ਇਹ ਕੇਂਦਰ ਹਵਾਈ ਅੱਡੇ ਉਤੇ ਉਡਾਨਾਂ ਦੇ ਪਹੁੰਚਣ, ਹੋਰ ਉਡਾਨਾਂ, ਟੈਕਸੀ ਸੇਵਾਵਾਂ, ਸਾਮਾਨ ਗੁਆਚਣ ਬਾਰੇ ਸਹਾਇਤਾ ਮੁਹੱਈਆ ਕਰਵਾਉਣ ਦੇ ਨਾਲ-ਨਾਲ ਹੋਰ ਸਹੂਲਤਾਂ ਪ੍ਰਦਾਨ ਕਰੇਗਾ।