PM ਮੋਦੀ ਨੇ ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ਦੇ ਹਮਰੁਤਬਾ ਨਾਲ ਮੁਲਾਕਾਤ ਕੀਤੀ, ਜਾਣੋ ਦੋਹਾਂ ਪ੍ਰਧਾਨ ਮੰਤਰੀ ਬਾਰੇ ਕੀ ਬੋਲੇ ਮੋਦੀ

ਮੈਲਬਰਨ : ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ Anthony Albanese ਨੇ ਕਲ ਲਾਓਸ ’ਚ ਆਪਣੇ ਭਾਰਤੀ ਹਮਰੁਤਬਾ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। PM ਮੋਦੀ ਨੇ ਆਪਣੇ ‘ਐਕਸ’ ਹੈਂਡਲ ’ਤੇ Albanese ਨਾਲ ਆਪਣੀ ਮੁਲਾਕਾਤ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਅਤੇ ਲਿਖਿਆ ਕਿ ‘ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੂੰ ਮਿਲ ਕੇ ਬਹੁਤ ਖੁਸ਼ੀ ਹੋਈ।’

PM ਮੋਦੀ ਨੇ ਲਾਓਸ ’ਚ ਆਸੀਆਨ-ਭਾਰਤ ਸਿਖਰ ਸੰਮੇਲਨ ਤੋਂ ਇਲਾਵਾ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ Christopher Luxon ਨਾਲ ਵੀ ਮੁਲਾਕਾਤ ਕੀਤੀ। PM ਮੋਦੀ ਨੇ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ Luxon ਨਾਲ ਮੁਲਾਕਾਤ ਦੌਰਾਨ ਆਰਥਿਕ ਸਹਿਯੋਗ, ਸੈਰ-ਸਪਾਟਾ, ਸਿੱਖਿਆ ਅਤੇ ਨਵੀਨਤਾ ਵਰਗੇ ਖੇਤਰਾਂ ਵਿੱਚ ਸਹਿਯੋਗ ’ਤੇ ਚਰਚਾ ਕੀਤੀ। ਦੋਹਾਂ ਨੇਤਾਵਾਂ ਵਿਚਾਲੇ ਇਹ ਪਹਿਲੀ ਮੁਲਾਕਾਤ ਸੀ। ਮੋਦੀ ਨੇ ‘ਐਕਸ’ ’ਤੇ ਲਿਖਿਆ, ‘‘ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ Christopher Luxon ਨਾਲ ਸ਼ਾਨਦਾਰ ਮੁਲਾਕਾਤ ਕੀਤੀ। ਅਸੀਂ ਨਿਊਜ਼ੀਲੈਂਡ ਨਾਲ ਆਪਣੀ ਦੋਸਤੀ ਨੂੰ ਮਹੱਤਵ ਦਿੰਦੇ ਹਾਂ, ਜੋ ਲੋਕਤੰਤਰ, ਆਜ਼ਾਦੀ ਅਤੇ ਕਾਨੂੰਨ ਦੇ ਸ਼ਾਸਨ ਪ੍ਰਤੀ ਵਚਨਬੱਧਤਾ ਨਾਲ ਬੰਨ੍ਹੀ ਹੋਈ ਹੈ। ਸਾਡੀ ਗੱਲਬਾਤ ਵਿੱਚ ਆਰਥਿਕ ਸਹਿਯੋਗ, ਸੈਰ-ਸਪਾਟਾ, ਸਿੱਖਿਆ ਅਤੇ ਨਵੀਨਤਾ ਵਰਗੇ ਖੇਤਰਾਂ ਬਾਰੇ ਚਰਚਾ ਹੋਈ।’’

ਪ੍ਰਧਾਨ ਮੰਤਰੀ ਦਫ਼ਤਰ ਨੇ ਕਿਹਾ ਕਿ ਦੋਹਾਂ ਨੇਤਾਵਾਂ ਨੇ ਵਪਾਰ ਅਤੇ ਨਿਵੇਸ਼, ਰੱਖਿਆ, ਸਿੱਖਿਆ, ਖੇਤੀਬਾੜੀ ਅਤੇ ਪੁਲਾੜ ਤਕਨਾਲੋਜੀ ਸਮੇਤ ਕਈ ਖੇਤਰਾਂ ਵਿੱਚ ਭਾਰਤ-ਨਿਊਜ਼ੀਲੈਂਡ ਭਾਈਵਾਲੀ ਨੂੰ ਮਜ਼ਬੂਤ ਕਰਨ ਦੇ ਤਰੀਕਿਆਂ ’ਤੇ ਚਰਚਾ ਕੀਤੀ। ਇਸ ਤੋਂ ਇਲਾਵਾ PM ਮੋਦੀ ਨੇ ਕਈ ਹੋਰ ਦੇਸ਼ਾਂ ਦੇ ਆਗੂਆਂ ਨਾਲ ਵੀ ਮੁਲਾਕਾਤ ਕੀਤੀ।