NRIs ਨੂੰ ਮਿਲ ਸਕਦੀ ਹੈ ਭਾਰਤ ਦੀ ਸੰਸਦ ’ਚ ਨੁਮਾਇੰਦਗੀ, ਸਥਾਈ ਕਮੇਟੀ ਨੇ ਦਿੱਤਾ ਸੁਝਾਅ

ਮੈਲਬਰਨ : ਭਾਰਤੀ ਵਿਦੇਸ਼ ਮਾਮਲਿਆਂ ਬਾਰੇ ਸੰਸਦੀ ਕਮੇਟੀ ਦੀ ਮੀਟਿੰਗ ਵਿੱਚ NRIs ਨੂੰ ਵੀ ਭਾਰਤ ਦੀ ਸੰਸਦ ਵਿੱਚ ਨੁਮਾਇੰਦਗੀ ਦੇਣ ਦਾ ਸੁਝਾਅ ਦਿੱਤਾ ਗਿਆ ਹੈ। ਪਰਵਾਸੀ ਭਾਰਤੀਆਂ ਦੀ ਵਧ ਰਹੀ ਗਿਣਤੀ ਅਤੇ ਇਨ੍ਹਾਂ ਦੇ ਵੱਖ-ਵੱਖ ਮੁੱਦਿਆਂ ਦੇ ਮੱਦੇਨਜ਼ਰ ਇਹ ਸੁਝਾਅ ਦਿੱਤਾ ਗਿਆ ਹੈ। ਸੂਤਰਾਂ ਨੇ ਦੱਸਿਆ ਕਿ ਕਾਂਗਰਸੀ ਸੰਸਦ ਮੈਂਬਰ ਦੀਪੇਂਦਰ ਸਿੰਘ ਹੁੱਡਾ ਨੇ ਇਸ ਮੰਗ ਦੇ ਸਮਰਥਨ ਵਿੱਚ ਇਟਲੀ ਵਰਗੇ ਕੁਝ ਦੇਸ਼ਾਂ ਦਾ ਹਵਾਲਾ ਦਿੱਤਾ, ਜਿੱਥੇ ਵਿਦੇਸ਼ਾਂ ਵਿੱਚ ਰਹਿਣ ਵਾਲੇ ਉਨ੍ਹਾਂ ਦੇ ਨਾਗਰਿਕਾਂ ਲਈ ਵਿਧਾਨ ਸਭਾ ਵਿੱਚ ਰਾਖਵਾਂਕਰਨ ਹੈ। ਕਾਂਗਰਸ ਸੰਸਦ ਮੈਂਬਰ ਸ਼ਸ਼ੀ ਥਰੂਰ ਦੀ ਅਗਵਾਈ ਵਾਲੀ ਸਥਾਈ ਕਮੇਟੀ ਨੇ ਪਰਵਾਸੀ ਭਾਰਤੀਆਂ ਨਾਲ ਸਬੰਧਤ ਕਈ ਮੁੱਦਿਆਂ ’ਤੇ ਵਿਚਾਰ-ਚਰਚਾ ਕੀਤੀ। ਮੀਟਿੰਗ ਵਿੱਚ ਕੇਰਲ, ਪੰਜਾਬ, ਦਿੱਲੀ ਅਤੇ ਗੁਜਰਾਤ ਦੀਆਂ ਸੰਸਥਾਵਾਂ ਨੇ ਹਿੱਸਾ ਲਿਆ ਅਤੇ ਕੁਝ ਚੰਗੇ ਸੁਝਾਅ ਵੀ ਦਿੱਤੇ।

ਹੁੱਡਾ ਨੇ ਕਿਹਾ ਕਿ ਲੱਖਾਂ ਪਰਵਾਸੀ ਭਾਰਤੀ ਵਿਦੇਸ਼ਾਂ ਵਿੱਚ ਰਹਿੰਦੇ ਹਨ, ਇਸ ਲਈ ਉਹ ਸੰਸਦ ਵਿੱਚ ਨੁਮਾਇੰਦਗੀ ਕਰਨ ਦੇ ਹੱਕਦਾਰ ਹਨ। ਪਿਛਲੇ ਸਮੇਂ ਵਿੱਚ ਕੁਝ ਪਰਵਾਸੀ ਭਾਰਤੀ ਗਰੁੱਪਾਂ ਨੇ ਸੰਸਦ ਵਿੱਚ ਸੀਟਾਂ ਦੀ ਮੰਗ ਕੀਤੀ ਹੈ। ਮੌਜੂਦਾ ਸਮੇਂ ਪਰਵਾਸੀ ਭਾਰਤੀ ਵਿਦੇਸ਼ਾਂ ਤੋਂ ਵੋਟ ਵੀ ਨਹੀਂ ਪਾ ਸਕਦੇ। ਉਨ੍ਹਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਭਾਰਤ ਆਉਣਾ ਪੈਂਦਾ ਹੈ। NRIs ਨੂੰ ਅਧਿਕਾਰਤ ਤੌਰ ’ਤੇ ‘ਵਿਦੇਸ਼ੀ ਵੋਟਰ’ ਕਿਹਾ ਜਾਂਦਾ ਹੈ। ਥਰੂਰ ਨੇ ਕਿਹਾ, ‘ਅਸੀਂ ਪਰਵਾਸੀ ਭਾਰਤੀਆਂ ਨਾਲ ਕੰਮ ਕਰਨ ਵਾਲੀਆਂ ਚਾਰ ਸੰਸਥਾਵਾਂ ਨਾਲ ਵਿਸਥਾਰਪੂਰਵਕ ਵਿਚਾਰ-ਚਰਚਾ ਕੀਤੀ।’ ਵਿਦੇਸ਼ ਮੰਤਰਾਲੇ ਨੇ ਪਹਿਲਾਂ ਮੀਟਿੰਗ ਵਿੱਚ ਕਮੇਟੀ ਨੂੰ ਸੂਚਿਤ ਕੀਤਾ ਸੀ ਕਿ ਪਰਵਾਸ ਨਾਲ ਸਬੰਧਤ ਮੁੱਦਿਆਂ ’ਤੇ ਇੱਕ ਬਿੱਲ ਸਰਕਾਰ ਦੇ ਵਿਚਾਰ ਅਧੀਨ ਹੈ।